ਚੰਡੀਗੜ੍ਹ, 6 ਅਕਤੂਬਰ 2026: ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਉੱਚ ਪੱਧਰੀ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਪਾਰਟੀ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਹੋ ਰਹੀ ਦੇਰੀ ਅਤੇ ਚੰਡੀਗੜ੍ਹ ਵਿੱਚ ਪੰਜਾਬ ਦੀਆਂ ਸਰਕਾਰੀ ਕੋਠੀਆਂ ’ਤੇ ਕਥਿਤ ਸਿਆਸੀ ਕਬਜ਼ਿਆਂ ਦਾ ਮੁੱਦਾ ਚੁੱਕਿਆ। ਵਫ਼ਦ ਨੇ ਇਨ੍ਹਾਂ ਮਾਮਲਿਆਂ ਵਿੱਚ ਕਾਰਵਾਈ ਦੀ ਮੰਗ ਕੀਤੀ।
ਵਫ਼ਦ ਵਿੱਚ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਯਾਲੀ, ਵਿਧਾਇਕ, ਭਾਈ ਸਰਬਜੀਤ ਸਿੰਘ ਖਾਲਸਾ, ਮੈਂਬਰ ਪਾਰਲੀਮੈਂਟ ਅਤੇ ਕਾਬਲ ਸਿੰਘ, ਕਨਵੀਨਰ ਪਾਰਲੀਮੈਂਟ ਬੋਰਡ ਸਮੇਤ ਹੋਰ ਆਗੂ ਹਾਜ਼ਰ ਸਨ।
ਪਾਰਟੀ ਰਜਿਸਟ੍ਰੇਸ਼ਨ ਦੇ ਮੁੱਦੇ ’ਤੇ ਗੱਲ ਕਰਦਿਆਂ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਪਾਰਟੀ ਵੱਲੋਂ ਦੇਸ਼ ਦੇ ਕਾਨੂੰਨ ਅਤੇ ਸੰਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਚੋਣਾਂ ਲੜੀਆਂ ਗਈਆਂ ਹਨ ਅਤੇ ਪਾਰਟੀ ਦੇ ਦੋ ਸੰਸਦ ਮੈਂਬਰ ਤੇ ਇੱਕ ਵਿਧਾਇਕ ਮੌਜੂਦ ਹਨ। ਇਸ ਦੇ ਬਾਵਜੂਦ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਜਾਣਬੁੱਝ ਕੇ ਰੁਕਾਵਟਾਂ ਪੈਦਾ ਕੀਤੀਆਂ ਜਾ ਰਹੀਆਂ ਹਨ।
ਇਯਾਲੀ ਨੇ ਦੋਸ਼ ਲਗਾਇਆ ਕਿ ਦੇਸ਼ ਦੀ ਸੁਰੱਖਿਆ ਨੂੰ ਖਤਰੇ ਦਾ ਹਵਾਲਾ ਦੇ ਕੇ ਪਾਰਟੀ ਦੀ ਰਜਿਸਟ੍ਰੇਸ਼ਨ ਵਿੱਚ ਦੇਰੀ ਕਰਨਾ ਸਰਾਸਰ ਬੇਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਅਤੇ ਪੰਜਾਬ ਨੇ ਦੇਸ਼ ਦੀ ਆਜ਼ਾਦੀ ਅਤੇ ਸੁਰੱਖਿਆ ਵਿੱਚ ਵੱਡਾ ਯੋਗਦਾਨ ਪਾਇਆ ਹੈ, ਇਸ ਲਈ ਅਜਿਹੇ ਸਵਾਲ ਚੁੱਕਣਾ ਉਚਿਤ ਨਹੀਂ।
ਉਨ੍ਹਾਂ ਪੰਜਾਬ ਦੇ ਪਾਣੀਆਂ, ਰਾਜਧਾਨੀ ਅਤੇ ਪੰਜਾਬੀ ਬੋਲਦੇ ਇਲਾਕਿਆਂ ਨਾਲ ਸਬੰਧਤ ਮੁੱਦੇ ਵੀ ਉਠਾਏ। ਇਯਾਲੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਵੀ ਸੰਵਿਧਾਨ ਅਤੇ ਕਾਨੂੰਨ ਦੇ ਦਾਇਰੇ ਵਿੱਚ ਕੀਤੀ ਜਾ ਰਹੀ ਹੈ ਅਤੇ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਨਾਲ ਕਾਨੂੰਨੀ ਤੌਰ ’ਤੇ ਦੋਹਰੇ ਮਾਪਦੰਡ ਨਹੀਂ ਹੋਣੇ ਚਾਹੀਦੇ।
ਸਰਕਾਰੀ ਕੋਠੀਆਂ ’ਤੇ ਕਥਿਤ ਕਬਜ਼ਿਆਂ ਦੀ ਜਾਂਚ ਦੀ ਮੰਗ
ਚੰਡੀਗੜ੍ਹ ਵਿੱਚ ਪੰਜਾਬ ਦੀਆਂ ਸਰਕਾਰੀ ਕੋਠੀਆਂ ’ਤੇ ਕਥਿਤ ਸਿਆਸੀ ਕਬਜ਼ਿਆਂ ਦਾ ਮਾਮਲਾ ਚੁੱਕਦਿਆਂ ਇਯਾਲੀ ਨੇ ਪੰਜਾਬ ਸਰਕਾਰ ’ਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰੋਤਾਂ ਦੀ ਕਥਿਤ ਲੁੱਟ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਦੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ।
ਇਯਾਲੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੀ ਨਿਸ਼ਾਨੇ ’ਤੇ ਲਿਆ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੇ ਵਿੱਤੀ ਸਰੋਤਾਂ ਦੀ ਦੁਰਵਰਤੋਂ ਹੋ ਰਹੀ ਹੈ ਅਤੇ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਪੰਜਾਬ ਦੇ ਮਾਮਲਿਆਂ ਵਿੱਚ ਦਖ਼ਲ ਦੇ ਰਹੇ ਹਨ।
ਉਨ੍ਹਾਂ ਪੰਜਾਬ ਦੀਆਂ ਸਰਕਾਰੀ ਕੋਠੀਆਂ ’ਤੇ ਹੋਏ ਕਥਿਤ ਸਿਆਸੀ ਕਬਜ਼ਿਆਂ ਦੀ ਜਾਂਚ ਕਰਵਾਉਣ ਅਤੇ ਪੰਜਾਬ ਦੇ ਸਰੋਤਾਂ ਦੀ ਕਥਿਤ ਲੁੱਟ ਤੁਰੰਤ ਬੰਦ ਕਰਨ ਦੀ ਮੰਗ ਕੀਤੀ।
ਇਯਾਲੀ ਨੇ ਹਾਲ ਹੀ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੀਬੀਆਈ ਜਾਂਚ ਦੇ ਦਿੱਤੇ ਆਦੇਸ਼ ਦਾ ਹਵਾਲਾ ਦਿੰਦਿਆਂ ਵੀ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਅਤੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਤੋਂ ਲੈ ਕੇ ਮੁੱਖ ਮੰਤਰੀ ਦਫ਼ਤਰ ਤੱਕ ਕਥਿਤ ਬੇਨਿਯਮੀਆਂ ਦਾ ਮਾਹੌਲ ਬਣਿਆ ਹੋਇਆ ਹੈ।











Leave a Reply